ਚੰਡੀਗੜ੍ਹ, 5 ਅਗਸਤ 2024 – ਰੋਜ਼ਾਨਾ ਸਪੋਕਸਮੈਨ ਦੇ ਬਾਨੀ ਸ. ਜੋਗਿੰਦਰ ਸਿੰਘ ਜੀ (83) ਦਾ ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਲੰਬੀ ਬਿਮਾਰੀ ਤੋਂ ਬਾਅਦ ਅੱਜ ਸ਼ਾਮ ਦੇਹਾਂਤ ਹੋ ਗਿਆ। ਉਨ੍ਹਾਂ ਦੀ ਅੰਤਮ ਅਰਦਾਸ ਅਤੇ ਅੰਤਮ ਸਸਕਾਰ ਸੋਮਵਾਰ ਦੁਪਹਿਰ 3 ਵਜੇ ਸੈਕਟਰ-25 ਦੇ ਸ਼ਮਸ਼ਾਨ ਘਾਟ ਵਿਖੇ ਹੋਵੇਗਾ।
ਸ. ਜੋਗਿੰਦਰ ਸਿੰਘ ਦੇ ਦੇਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਕਈ ਰਾਜਨੀਤਕ, ਧਾਰਮਿਕ ਅਤੇ ਕਿਸਾਨ ਆਗੂਆਂ ਵੱਲੋਂ ਦੁੱਖ ਪ੍ਰਗਟਾਇਆ ਗਿਆ ਹੈ। ਮੁੱਖ ਮੰਤਰੀ ਨੇ ਸ. ਜੋਗਿੰਦਰ ਸਿੰਘ ਨੂੰ ਸਮਰਪਿਤ ਅਤੇ ਨਿਡਰ ਪੱਤਰਕਾਰ ਦੱਸਿਆ, ਜੋ ਪੰਜਾਬ ਅਤੇ ਇਸ ਦੇ ਲੋਕਾਂ ਲਈ ਵਚਨਬੱਧ ਸਨ।
ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਕਾਂਗਰਸ MP ਰਾਜਾ ਵੜਿੰਗ ਅਤੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਵੀ ਦੁੱਖ ਪ੍ਰਗਟਾਇਆ। ਸਾਬਕਾ CM ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਨੀਤ ਕੌਰ ਨੇ ਵੀ ਸ. ਜੋਗਿੰਦਰ ਸਿੰਘ ਦੇ ਯੋਗਦਾਨ ਨੂੰ ਯਾਦ ਕਰਦੇ ਹੋਏ ਪਰਿਵਾਰ ਨਾਲ ਹਮਦਰਦੀ ਜਤਾਈ।
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸੀਨੀਅਰ ਆਪ ਆਗੂ ਨੀਲ ਗਰਗ, ਸੂਚਨਾ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਅਤੇ ਸੁੱਚਾ ਸਿੰਘ ਛੋਟੇਪੁਰ ਨੇ ਵੀ ਸ. ਜੋਗਿੰਦਰ ਸਿੰਘ ਦੇ ਅਕਾਲ ਚਲਾਣੇ ‘ਤੇ ਦੁੱਖ ਪ੍ਰਗਟਾਇਆ।
ਪੱਤਰਕਾਰ ਸ. ਜੋਗਿੰਦਰ ਸਿੰਘ ਦੇ ਅਦਾਰਸ਼ਾਂ ਅਤੇ ਸੱਚਾਈ ਲਈ ਕੀਤੇ ਯਤਨਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦੇ ਦੇਹਾਂਤ ਨਾਲ ਪੱਤਰਕਾਰੀ ਜਗਤ ਨੂੰ ਹੋਇਆ ਘਾਟਾ ਕਦੇ ਪੂਰਾ ਨਹੀਂ ਹੋ ਸਕੇਗਾ।