Heavy rain alert: ਪੰਜਾਬ ਵਿਚ ਦੋ ਦਿਨਾਂ ਦਾ ਅਲਰਟ, ਕਈ ਪਿੰਡਾਂ ਵਿਚ ਹੜ੍ਹਾਂ ਵਰਗੇ ਹਾਲਾਤ…
ਪੰਜਾਬ ਅਤੇ ਹਰਿਆਣਾ ਵਿੱਚ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ, ਜਿਸ ਕਰਕੇ ਭਾਰੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ, ਜਿਸ ਨਾਲ ਕਈ ਜ਼ਿਲ੍ਹਿਆਂ ਵਿੱਚ ਹੜ੍ਹਾਂ ਵਰਗੇ ਹਾਲਾਤ ਬਣ ਗਏ ਹਨ। ਪਠਾਨਕੋਟ ਦੇ ਸੱਤ ਪਿੰਡਾਂ ਵਿਚ ਹੜ੍ਹ ਆ ਗਿਆ ਹੈ, ਜਿਸ ਨਾਲ ਇਲਾਕੇ ਦਾ ਗੁਰਦਾਸਪੁਰ ਅਤੇ ਪਠਾਨਕੋਟ ਨਾਲ ਸੰਪਰਕ ਟੁੱਟ ਗਿਆ ਹੈ। ਪਹਾੜਾਂ ਵਿੱਚ ਹੋ ਰਹੀ ਭਾਰੀ ਬਾਰਿਸ਼ ਨਾਲ ਦਰਿਆ ਚੜ੍ਹ ਗਏ ਹਨ, ਜਿਸ ਕਰਕੇ ਪਾਣੀ ਦਾ ਪੱਧਰ ਵਧ ਰਿਹਾ ਹੈ।
ਇਸੇ ਦੌਰਾਨ, ਹਿਮਾਚਲ ਪ੍ਰਦੇਸ਼ ਵਿੱਚ ਵੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਜਿੱਥੇ ਪਿਛਲੇ ਦੋ ਦਿਨਾਂ ਵਿੱਚ 280 ਤੋਂ ਵੱਧ ਸੜਕਾਂ ਬੰਦ ਹੋ ਚੁੱਕੀਆਂ ਹਨ। ਗੜ੍ਹਸ਼ੰਕਰ ਦੇ ਪਿੰਡ ਜੇਜੋਂ ਦੁਆਬਾ ਵਿੱਚ ਇੱਕ ਇਨੋਵਾ ਕਾਰ ਮੀਂਹ ਕਾਰਨ ਪਾਣੀ ਦੇ ਤੇਜ਼ ਵਹਾਅ ਵਿੱਚ ਰੁੜ੍ਹ ਗਈ, ਜਿਸ ਵਿੱਚ ਦਸ ਜਣਿਆਂ ਦੀ ਮੌਤ ਹੋ ਗਈ। ਪ੍ਰਸ਼ਾਸਨ ਨੇ ਲੋਕਾਂ ਨੂੰ ਚੇਤਾਵਨੀ ਜਾਰੀ ਕੀਤੀ ਹੈ ਕਿ ਉਹ ਉੱਚੇ ਪਾਣੀ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਬਚਣ।
ਭਾਰੀ ਬਾਰਿਸ਼ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਸਥਾਨਕ ਲੋਕਾਂ ਨੂੰ ਸੁਰੱਖਿਅਤ ਰਹਿਣ ਦੀ ਅਪੀਲ ਕੀਤੀ ਹੈ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਹੈ।